ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਪੱਡਾ ਤੋਂ ਇੱਕ ਬਹੁਤ ਹੀ ਦੁਖਦਾਈ ਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ (27) ਪੁੱਤਰ ਬਲਕਾਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵੱਡੇ ਭਰਾ ਤੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ‘ਚ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਇੱਕ ਸਵਿਫਟ ਗੱਡੀ ‘ਚ ਸਵਾਰ ਕੁਝ ਨੌਜਵਾਨਾਂ ਨੇ ਉਸ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੁਖਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
