ਪਿੰਡ ਰੈਸੀਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ, ਬਾਬਾ ਕੇਵਲ ਸਿੰਘ ਜੀ ਨੇ ਸੰਗਤਾਂ ਨੂੰ ਕੀਤਾ ਨਿਹਾਲ

ਹੁਸ਼ਿਆਰਪੁਰ 27 ਅਕਤੂਬਰ (ਹਰਜੀਤ ਤਲਵੰਡੀ) ਇੰਡੀਅਨ ਨਿਊਜ਼:ਪਿੰਡ ਰੈਸੀਵਾਲ ਵਿਖੇ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਡਮੁੱਲੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

​ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਆਯੋਜਿਤ ਕੀਤੇ ਗਏ ਧਾਰਮਿਕ ਦੀਵਾਨ ਵਿੱਚ ਬਾਬਾ ਕੇਵਲ ਸਿੰਘ ਜੀ ਖੁਰਾਲਗੜ੍ਹ ਸਾਹਿਬ ਵਾਲੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ। ਬਾਬਾ ਕੇਵਲ ਸਿੰਘ ਜੀ ਨੇ ਆਪਣੇ ਰਸਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਆਈਆਂ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ।

​ਆਪਣੇ ਕਥਾ ਵਿਚਾਰਾਂ ਦੌਰਾਨ ਬਾਬਾ ਜੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਰਬਸਾਂਝੀ ਵਾਲਤਾ, ਸਮਾਨਤਾ, ਆਪਸੀ ਭਾਈਚਾਰੇ ਅਤੇ ਪ੍ਰਭੂ ਭਗਤੀ ਦੇ ਸੰਦੇਸ਼ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਮਾਨਵਤਾ ਲਈ ਚਾਨਣ ਮੁਨਾਰਾ ਹੈ, ਜਿਸ ‘ਤੇ ਅਮਲ ਕਰਕੇ ਅਸੀਂ ਆਪਣੇ ਜੀਵਨ ਨੂੰ ਸਫਲ ਬਣਾ ਸਕਦੇ ਹਾਂ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਬਾਬਾ ਕੇਵਲ ਸਿੰਘ ਜੀ ਅਤੇ ਆਈਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Leave a Comment