
ਹੁਸ਼ਿਆਰਪੁਰ, 6 ਨਵੰਬਰ (ਹਰਜੀਤ ਤਲਵੰਡੀ)ਇੰਡੀਅਨ ਨਿਊਜ਼: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ, ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਅਤੇ ਹੋਰ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਨੌਕਰਾਂ ਦੀ ਪੂਰੀ ਜਾਣਕਾਰੀ ਰਜਿਸਟਰ ਵਿੱਚ ਦਰਜ ਕਰਨੀ ਲਾਜ਼ਮੀ ਹੋਵੇਗੀ। ਇਸ ਵਿੱਚ ਕਰਮਚਾਰੀਆਂ ਦੇ ਨਾਮ, ਪੂਰੇ ਪਤੇ, ਤਿੰਨ ਫੋਟੋਆਂ (ਸਾਹਮਣੇ, ਸੱਜੇ ਅਤੇ ਖੱਬੇ ਪਾਸੇ ਤੋਂ) ਅਤੇ ਫਿੰਗਰ ਪ੍ਰਿੰਟ ਦਰਜ ਕਰਨ ਦੇ ਨਾਲ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਪਤੇ ਵੀ ਰੱਖਣੇ ਹੋਣਗੇ। ਇਸ ਸਬੰਧੀ ਸਾਰਾ ਰਿਕਾਰਡ ਸਬੰਧਤ ਥਾਣੇ ਜਾਂ ਪੁਲਿਸ ਚੌਕੀ ਵਿੱਚ ਵੀ ਤੁਰੰਤ ਦਰਜ ਕਰਵਾਉਣਾ ਹੋਵੇਗਾ।
ਇਸੇ ਤਰ੍ਹਾਂ ਮਕਾਨਾਂ ਅਤੇ ਦੁਕਾਨਾਂ ਦੇ ਮਾਲਕਾਂ ਜਾਂ ਇੰਚਾਰਜਾਂ ਨੂੰ ਕਿਰਾਏ ’ਤੇ ਰਹਿਣ ਵਾਲੇ ਵਿਅਕਤੀਆਂ ਦੇ ਨਾਮ ਅਤੇ ਪੂਰੇ ਪਤੇ ਸਬੰਧਤ ਥਾਣੇ ਜਾਂ ਪੁਲਿਸ ਚੌਕੀ ਵਿੱਚ ਦਰਜ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇੱਕ ਹੋਰ ਹੁਕਮ ਤਹਿਤ ਜ਼ਿਲ੍ਹੇ ਦੇ ਡੀਲਿਸਟ ਖੇਤਰਾਂ ਵਿੱਚ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਵਿਸ਼ੇਸ਼ ਹਾਲਾਤਾਂ ਵਿੱਚ ਇਨ੍ਹਾਂ ਦਰੱਖਤਾਂ ਨੂੰ ਕੱਟਣ ਲਈ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਡੀਲਿਸਟ ਖੇਤਰਾਂ ਤੋਂ ਬਾਹਰ ਜ਼ਿਲ੍ਹੇ ਵਿੱਚ ਇਨ੍ਹਾਂ ਦਰੱਖਤਾਂ ਨੂੰ ਕੱਟਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਮਨਜ਼ੂਰੀ ਲੈਣੀ ਪਵੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਮਿਲਟਰੀ ਦੇ ਆਲਿਵ ਹਰੇ ਰੰਗ ਦੀਆਂ ਜੀਪਾਂ, ਮੋਟਰਸਾਈਕਲਾਂ ਅਤੇ ਹੋਰ ਮੋਟਰ ਗੱਡੀਆਂ ਦੀ ਵਰਤੋਂ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਆਰਮਡ ਫੋਰਸਿਜ਼, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀਆਂ ਵਰਦੀਆਂ ਜਾਂ ਮਿਲਟਰੀ ਰੰਗ ਦੀ ਵਰਦੀ ਦੀ ਗੈਰ-ਅਧਿਕਾਰਤ ਵਿਅਕਤੀਆਂ ਵੱਲੋਂ ਵਰਤੋਂ ਕਰਨ ਦੇ ਨਾਲ-ਨਾਲ ਅਜਿਹੀਆਂ ਵਰਦੀਆਂ ਦੀ ਗੈਰ-ਅਧਿਕਾਰਤ ਵਿਕਰੀ ਅਤੇ ਖਰੀਦ ’ਤੇ ਵੀ ਰੋਕ ਲਗਾਈ ਗਈ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਵੱਡੀਆਂ ਅਤੇ ਛੋਟੀਆਂ ਨਹਿਰਾਂ, ਚੋਆਂ ਦੇ ਬੰਨ੍ਹਾਂ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹਾਂ ’ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਥਾਵਾਂ ’ਤੇ ਖੁੱਲ੍ਹੇਆਮ ਚਰਾਉਣ ਦੀ ਵੀ ਮਨਾਹੀ ਕੀਤੀ ਗਈ ਹੈ।
ਇੱਕ ਹੋਰ ਮਹੱਤਵਪੂਰਨ ਹੁਕਮ ਤਹਿਤ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਦੀ ਬਾਹਰਲੀ ਚਾਰਦੀਵਾਰੀ ਤੋਂ ਇੱਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਸਾਰੇ ਹੁਕਮ 7 ਜਨਵਰੀ 2027 ਤੱਕ ਲਾਗੂ ਰਹਿਣਗੇ।
ਇੰਡੀਅਨ ਨਿਊਜ਼